(ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ।ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ।